- ਪੰਜਾਬ
- No Comment
ਅਕਾਲੀ ਦਲ ਨੇ ਬਾਗੀ ਆਗੂਆਂ ਨੂੰ ਪਾਰਟੀ ‘ਚੋਂ ਬਾਹਰ ਕੱਢਿਆ, ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਚੰਦੂਮਾਜਰਾ ਸਮੇਤ ਕਈ ਆਗੂਆਂ ਨੂੰ ਕੱਢਿਆ
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਜਿਨ੍ਹਾਂ ਬਾਗੀ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਹੈ, ਉਨ੍ਹਾਂ ਵਿੱਚ ਅੱਠ ਸੀਨੀਅਰ ਆਗੂ ਸ਼ਾਮਲ ਹਨ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਚ ਅਨੁਸ਼ਾਸ਼ਨ ਰੱਖਣ ਲਈ ਵੱਡਾ ਕਦਮ ਚੁਕਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਮੰਗਲਵਾਰ ਨੂੰ ਬਾਗੀ ਆਗੂਆਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਮੰਗਲਵਾਰ ਨੂੰ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਮੇਟੀ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜ਼ਾਰ ਸਿੰਘ ਰਾਨਕੇ ਹਾਜ਼ਰ ਸਨ।
ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦਿੰਦੇ ਹੋਏ ਬਾਗੀ ਆਗੂਆਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਜਿਨ੍ਹਾਂ ਬਾਗੀ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਹੈ, ਉਨ੍ਹਾਂ ਵਿੱਚ ਅੱਠ ਸੀਨੀਅਰ ਆਗੂ ਸ਼ਾਮਲ ਹਨ। ਪਾਰਟੀ ਵਿੱਚੋਂ ਕੱਢੇ ਗਏ ਆਗੂਆਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਦੇ ਨਾਂ ਸ਼ਾਮਲ ਹਨ।
ਦੱਸ ਦੇਈਏ ਕਿ ਇਹ ਸਾਰੇ ਬਾਗੀ ਆਗੂ ਪਿਛਲੇ ਕਈ ਦਿਨਾਂ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਰਹੇ ਸਨ। ਇਨ੍ਹਾਂ ਬਾਗੀ ਆਗੂਆਂ ਨੇ ਹਾਲ ਹੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ, ਸੰਪਰਦਾਇਕ ਮੁੱਦਿਆਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਭਟਕਣ ਦੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਸੀ। ਇਨ੍ਹਾਂ ਅੱਠ ਬਾਗੀ ਆਗੂਆਂ ਤੋਂ ਇਲਾਵਾ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਭੂੰਦੜ ਨੇ ਸੱਤ ਵਿਧਾਨ ਸਭਾ ਹਲਕਾ ਇੰਚਾਰਜਾਂ ਨੂੰ ਵੀ ਪਾਰਟੀ ਵਿੱਚੋਂ ਕੱਢ ਦਿੱਤਾ ਹੈ।