ਸੁਖਬੀਰ ਬਾਦਲ ਨੇ ਸੀਐੱਮ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ, ਕਿਹਾ ਸੱਤ ਦਿਨਾਂ ਅੰਦਰ ਮਾਫੀ ਮੰਗੋ

ਸੁਖਬੀਰ ਬਾਦਲ ਨੇ ਸੀਐੱਮ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ, ਕਿਹਾ ਸੱਤ ਦਿਨਾਂ ਅੰਦਰ ਮਾਫੀ ਮੰਗੋ

ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲ ‘ਤੇ ਈਕੋ ਟੂਰਿਜ਼ਮ ਪਾਲਿਸੀ ਤਹਿਤ ਸੁੱਖ ਵਿਲਾਸ ਨੂੰ 108.73 ਕਰੋੜ ਰੁਪਏ ਦਾ ਫਾਇਦਾ ਪਹੁੰਚਾਉਣ ਦਾ ਦੋਸ਼ ਲਗਾਇਆ ਸੀ।

ਪੰਜਾਬ ਦੇ ਸੀਐੱਮ ਭਗਵੰਤ ਮਾਨ ਅਤੇ ਸੁਖਬੀਰ ਬਾਦਲ ਵਿਚਾਲੇ ਤਲਖੀ ਵਧਦੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲ ‘ਤੇ ਈਕੋ ਟੂਰਿਜ਼ਮ ਪਾਲਿਸੀ ਤਹਿਤ ਸੁੱਖ ਵਿਲਾਸ ਨੂੰ 108.73 ਕਰੋੜ ਰੁਪਏ ਦਾ ਫਾਇਦਾ ਪਹੁੰਚਾਉਣ ਦਾ ਦੋਸ਼ ਲਗਾਇਆ ਸੀ। ਹੁਣ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਨੋਟਿਸ ਦੇ ਕੇ ਇੱਕ ਹਫ਼ਤੇ ਅੰਦਰ ਦੋਸ਼ ਸਾਬਤ ਕਰਨ ਜਾਂ ਮੁਆਫ਼ੀ ਮੰਗਣ ਲਈ ਕਿਹਾ ਹੈ।

ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹ ਦੋਸ਼ ਸਾਬਤ ਨਾ ਹੋਣ ਅਤੇ ਮੁਆਫੀ ਨਾ ਮੰਗਣ ‘ਤੇ ਮਾਣਹਾਨੀ ਦਾ ਕੇਸ ਕਰਨਗੇ। ਅਕਾਲੀ ਦਲ ਦੇ ਲੀਗਲ ਸੈੱਲ ਦੇ ਚੇਅਰਮੈਨ ਅਰਸ਼ਦੀਪ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਕਿਸਾਨੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਕਾਲੀ ਦਲ ਦੇ ਪ੍ਰਧਾਨ ’ਤੇ ਲਾਏ ਦੋਸ਼ਾਂ ਨੂੰ ਸਾਬਤ ਕਰਨ, ਜੇਕਰ ਸੀਐਮ ਮਾਨ ਅਜਿਹਾ ਨਹੀਂ ਕਰਦੇ ਤਾਂ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖ ਵਿਲਾਸ ‘ਤੇ ਈਕੋ-ਟੂਰਿਜ਼ਮ ਨੀਤੀ ਤਹਿਤ 108.73 ਕਰੋੜ ਰੁਪਏ ਦਾ ਲਾਭ ਦੇਣ ਦਾ ਦੋਸ਼ ਲਾਇਆ ਸੀ। ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਾਨੂੰਨੀ ਨੋਟਿਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਵਿੱਚ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਕਾਨੂੰਨੀ ਨੋਟਿਸ ਭੇਜ ਕੇ ਮੇਰੇ ‘ਤੇ ਮੇਰੇ ਨਿੱਜੀ ਕਾਰੋਬਾਰ ਦੇ ਸਬੰਧ ਵਿੱਚ ਘਪਲੇਬਾਜ਼ੀ ਅਤੇ ਮਨਘੜਤ ਦੋਸ਼ ਲਗਾਉਣ ਲਈ ਸੱਤ ਦਿਨਾਂ ਦੇ ਅੰਦਰ ਲਿਖਤੀ ਮੁਆਫੀ ਮੰਗਣ ਲਈ ਕਿਹਾ ਹੈ। ਅਜਿਹਾ ਕਰਨ ਵਿੱਚ ਅਸਫਲ ਰਹਿਣ ‘ਤੇ ਅਪਰਾਧਿਕ ਮਾਣਹਾਨੀ ਦੇ ਕੇਸਾਂ ਦਾ ਸਾਹਮਣਾ ਕਰਨ ਲਈ ਤਿਆਰ ਰਹੋ।