- ਪੰਜਾਬ
- No Comment
ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ, BSF ਦੇ ਵੱਧਦੇ ਅਧਿਕਾਰ ਖੇਤਰ ਨੂੰ ਜਾਇਜ਼ ਠਹਿਰਾਇਆ
ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਸਰਹੱਦ ਤੋਂ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਕੀਤਾ ਸੀ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਉਸ ਸਮੇਂ ਪੰਜਾਬ ਅਤੇ ਪੱਛਮੀ ਬੰਗਾਲ ਦੀਆਂ ਸਰਕਾਰਾਂ ਨੇ ਵਿਰੋਧ ਕੀਤਾ ਸੀ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ BSF ਦੇ ਵੱਧਦੇ ਅਧਿਕਾਰ ਖੇਤਰ ਨੂੰ ਲੈ ਕੇ ਝਟਕਾ ਦਿਤਾ ਹੈ। ਸੀਮਾ ਸੁਰੱਖਿਆ ਬਲ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ ਹੈ। ਅਦਾਲਤ ਨੇ ਕਿਹਾ ਹੈ ਕਿ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਨੇ ਪੰਜਾਬ ਪੁਲਿਸ ਦੀਆਂ ਸ਼ਕਤੀਆਂ ਨੂੰ ਘਟ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋਵਾਂ ਧਿਰਾਂ ਨੂੰ ਇਕੱਠੇ ਬੈਠ ਕੇ ਗੱਲਬਾਤ ਕਰਨ ਦੀ ਸਲਾਹ ਵੀ ਦਿੱਤੀ ਹੈ।
ਦਰਅਸਲ, ਸਾਲ 2021 ਵਿੱਚ ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਸਰਹੱਦ ਤੋਂ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਕੀਤਾ ਸੀ। ਦੱਸ ਦਈਏ ਕਿ ਬੀਐਸਐਫ ਅਧਿਕਾਰੀਆਂ ਅਤੇ ਜਵਾਨਾਂ ਨੂੰ ਸਰਹੱਦੀ ਖੇਤਰਾਂ ਵਿੱਚ ਤਲਾਸ਼ੀ, ਜ਼ਬਤੀ ਅਤੇ ਗ੍ਰਿਫਤਾਰੀ ਦੀ ਕਾਰਵਾਈ ਕਰਨ ਦਾ ਪ੍ਰਬੰਧ ਹੈ। ਸਰਕਾਰ ਦੇ ਇਸ ਫੈਸਲੇ ਦਾ ਉਸ ਸਮੇਂ ਪੰਜਾਬ ਅਤੇ ਪੱਛਮੀ ਬੰਗਾਲ ਦੀਆਂ ਸਰਕਾਰਾਂ ਨੇ ਵਿਰੋਧ ਕੀਤਾ ਸੀ।
ਇਸ ਮਾਮਲੇ ਦੀ ਸੁਣਵਾਈ ਕਰਦਿਆਂ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇ.ਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਜ਼ੁਬਾਨੀ ਤੌਰ ‘ਤੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਪੁਲਿਸ ਦੀਆਂ ਸ਼ਕਤੀਆਂ ‘ਤੇ ਕਬਜ਼ਾ ਨਹੀਂ ਹੋਇਆ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਤੋਂ ਜਾਂਚ ਦਾ ਅਧਿਕਾਰ ਨਹੀਂ ਲਿਆ ਗਿਆ ਹੈ। ਅਦਾਲਤ ਨੇ ਕੇਂਦਰ ਦੀ ਨੁਮਾਇੰਦਗੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਐਡਵੋਕੇਟ ਨੂੰ ਕਿਹਾ ਕਿ ਉਹ ਇਕੱਠੇ ਬੈਠ ਕੇ ਉਨ੍ਹਾਂ ਮੁੱਦਿਆਂ ‘ਤੇ ਸਾਂਝੇ ਤੌਰ ‘ਤੇ ਫੈਸਲਾ ਕਰਨ ਜਿਨ੍ਹਾਂ ‘ਤੇ ਬੈਂਚ ਨੇ ਫੈਸਲਾ ਕਰਨਾ ਹੈ। ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਦੋਵੇਂ ਧਿਰਾਂ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨਗੀਆਂ ਤਾਂ ਜੋ ਅਗਲੀ ਤਰੀਕ ਤੋਂ ਪਹਿਲਾਂ ਇਨ੍ਹਾਂ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਅਦਾਲਤ ਨੇ ਕਿਹਾ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ ਇਸ ਮੀਟਿੰਗ ਵਿੱਚ ਹਿੱਸਾ ਲੈ ਸਕਦੇ ਹਨ।