ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਯਾਤਰਾ ਅੱਜ ਤੋਂ ਹੋਵੇਗੀ ਸ਼ੁਰੂ, ਪਹਿਲੇ ਦਿਨ ਜਾਣਗੇ 132 ਸ਼ਰਧਾਲੂ

ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਯਾਤਰਾ ਅੱਜ ਤੋਂ ਹੋਵੇਗੀ ਸ਼ੁਰੂ, ਪਹਿਲੇ ਦਿਨ ਜਾਣਗੇ 132 ਸ਼ਰਧਾਲੂ

ਡੀਸੀ ਨੇ ਦੱਸਿਆ ਕਿ ਭਾਰਤ ਵਾਲੇ ਪਾਸੇ ਲਾਂਘੇ ਨੂੰ ਹੋਏ ਨੁਕਸਾਨ ਦੀ ਮੁਰੰਮਤ ਕਰ ਦਿੱਤੀ ਗਈ ਹੈ। ਇਸ ਲਈ ਮੰਗਲਵਾਰ ਤੋਂ ਸੰਗਤਾਂ ਪਹਿਲਾਂ ਵਾਂਗ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੀਆਂ।


ਪੰਜਾਬ ਵਿਚ ਬਾਰਿਸ਼ ਨੇ ਇਸ ਵਾਰ ਬਹੁਤ ਜ਼ਿਆਦਾ ਤਬਾਹੀ ਮਚਾਈ ਹੋਈ ਹੈ। ਹੁਣ ਬਾਰਿਸ਼ ਕਾਰਨ 20 ਜੁਲਾਈ ਤੋਂ ਰੋਕੀ ਗਈ ਸ਼੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਮੰਗਲਵਾਰ ਨੂੰ ਮੁੜ ਸ਼ੁਰੂ ਹੋਣ ਜਾ ਰਹੀ ਹੈ। ਡੀਸੀ ਨੇ ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ, ਬੀਐਸਐਫ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਜਾਇਜ਼ਾ ਲੈਣ ਤੋਂ ਬਾਅਦ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਯਾਤਰਾ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਮੰਗਲਵਾਰ ਨੂੰ ਲਗਭਗ 132 ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮਨਜ਼ੂਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੈਦਾਨੀ ਅਤੇ ਪਹਾੜੀ ਇਲਾਕਿਆਂ ‘ਚ ਹੋਈ ਭਾਰੀ ਬਾਰਿਸ਼ ਕਾਰਨ ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧ ਗਿਆ ਸੀ ਅਤੇ 20 ਜੁਲਾਈ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਸੜਕ ਟੁੱਟ ਗਈ ਸੀ। ਇਸ ਤੋਂ ਬਾਅਦ ਲੈਂਡ ਪੋਰਟ ਅਥਾਰਟੀ ਦੀ ਸਲਾਹ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਯਾਤਰਾ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਸੀ।

ਸੋਮਵਾਰ ਦੇਰ ਸ਼ਾਮ, ਡੀਸੀ ਨੇ ਲੈਂਡ ਪੋਰਟ ਅਥਾਰਟੀ, ਬਿਊਰੋ ਆਫ਼ ਇਮੀਗ੍ਰੇਸ਼ਨ, ਬੀਐਸਐਫ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੜ ਦੌਰਾ ਕਰਨ ਤੋਂ ਬਾਅਦ ਯਾਤਰਾ ‘ਤੇ ਪਾਬੰਦੀ ਹਟਾ ਦਿੱਤੀ। ਡੀਸੀ ਨੇ ਦੱਸਿਆ ਕਿ ਭਾਰਤ ਵਾਲੇ ਪਾਸੇ ਲਾਂਘੇ ਨੂੰ ਹੋਏ ਨੁਕਸਾਨ ਦੀ ਮੁਰੰਮਤ ਕਰ ਦਿੱਤੀ ਗਈ ਹੈ। ਇਸ ਲਈ ਮੰਗਲਵਾਰ ਤੋਂ ਸੰਗਤਾਂ ਪਹਿਲਾਂ ਵਾਂਗ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੀਆਂ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਕਿ ਭਵਿੱਖ ਵਿੱਚ ਬਰਸਾਤ ਦੇ ਮੌਸਮ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਮੁਲਤਵੀ ਹੋਣ ਕਾਰਨ 700 ਦੇ ਕਰੀਬ ਸ਼ਰਧਾਲੂ ਗੁਰਦੁਆਰਾ ਸਾਹਿਬ ਨਹੀਂ ਜਾ ਸਕੇ। ਉਨ੍ਹਾਂ ਨੂੰ ਹੁਣ ਯਾਤਰਾ ਲਈ ਦੁਬਾਰਾ ਅਰਜ਼ੀ ਦੇਣੀ ਪਵੇਗੀ। ਹਾਲਾਂਕਿ, ਦੁਬਾਰਾ ਅਪਲਾਈ ਕਰਨ ਲਈ ਕੋਈ ਪੈਸਾ ਨਹੀਂ ਲਿਆ ਜਾਵੇਗਾ, ਜਿਸ ਕਾਰਨ ਕਿਸੇ ਨੂੰ ਆਰਥਿਕ ਨੁਕਸਾਨ ਨਹੀਂ ਹੋਵੇਗਾ। ਕਰਤਾਰਪੁਰ ਲਾਂਘੇ ਦਾ ਪ੍ਰਬੰਧ ਕਰਨ ਵਾਲੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਡਿਪਟੀ ਸਕੱਤਰ ਨੇ ਬੀਤੀ ਸ਼ਾਮ ਕਿਹਾ ਸੀ ਕਿ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਲਾਂਘੇ ਵਿੱਚ ਹੜ੍ਹ ਜਾਂ ਹੜ੍ਹ ਵਰਗੀ ਸਥਿਤੀ ਨਹੀਂ ਹੈ। ਉਨ੍ਹਾਂ ਨੇ ਭਾਰਤੀ ਪੱਖ ਨੂੰ ਤੁਰੰਤ ਤੀਰਥ ਯਾਤਰਾ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ।