ਮੀਂਹ ਦਾ ਕਹਿਰ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਹੜ੍ਹਾਂ ਦੀ ਸਥਿਤੀ ਅਤੇ ਰਾਸ਼ਟਰੀ ਰਾਜਮਾਰਗਾਂ ‘ਤੇ ਇਸ ਦੇ ਪ੍ਰਭਾਵ ਨੂੰ ਲੈ ਕੇ ਕੀਤੀ ਵਿਸ਼ੇਸ਼ ਬੈਠਕ

ਮੀਂਹ ਦਾ ਕਹਿਰ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਹੜ੍ਹਾਂ ਦੀ ਸਥਿਤੀ ਅਤੇ ਰਾਸ਼ਟਰੀ ਰਾਜਮਾਰਗਾਂ ‘ਤੇ ਇਸ ਦੇ ਪ੍ਰਭਾਵ ਨੂੰ ਲੈ ਕੇ ਕੀਤੀ ਵਿਸ਼ੇਸ਼ ਬੈਠਕ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਜੰਮੂ-ਕਸ਼ਮੀਰ, ਹਿਮਾਚਲ, ਉੱਤਰਾਖੰਡ, ਦਿੱਲੀ, ਹਰਿਆਣਾ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ ਸਮੇਤ ਕਈ ਰਾਜਾਂ ‘ਚ ਹੜ੍ਹਾਂ ਦੀ ਸਥਿਤੀ ਅਤੇ ਰਾਸ਼ਟਰੀ ਰਾਜਮਾਰਗਾਂ ‘ਤੇ ਇਸ ਦੇ ਪ੍ਰਭਾਵ ਦੀ ਸਮੀਖਿਆ ਕੀਤੀ।


ਮਾਨਸੂਨ ਸ਼ੁਰੂ ਹੈ ਅਤੇ ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੇਂਦਰ ਸਰਕਾਰ ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਕਾਰਨ ਹੋਈ ਤਬਾਹੀ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਪੀਐਮ ਮੋਦੀ ਨੇ ਜਿੱਥੇ ਸੀਨੀਅਰ ਮੰਤਰੀਆਂ ਤੋਂ ਪ੍ਰਭਾਵਿਤ ਰਾਜਾਂ ਅਤੇ ਖੇਤਰਾਂ ਬਾਰੇ ਜਾਣਕਾਰੀ ਲਈ, ਉੱਥੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਹੜ੍ਹਾਂ ਦੀ ਸਥਿਤੀ ਅਤੇ ਰਾਸ਼ਟਰੀ ਰਾਜਮਾਰਗਾਂ ‘ਤੇ ਇਸ ਦੇ ਪ੍ਰਭਾਵ ਬਾਰੇ ਇੱਕ ਵਿਸ਼ੇਸ਼ ਮੀਟਿੰਗ ਕੀਤੀ।

ਜਾਣਕਾਰੀ ਮੁਤਾਬਕ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਜੰਮੂ-ਕਸ਼ਮੀਰ, ਹਿਮਾਚਲ, ਉੱਤਰਾਖੰਡ, ਦਿੱਲੀ, ਹਰਿਆਣਾ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ ਸਮੇਤ ਕਈ ਰਾਜਾਂ ‘ਚ ਹੜ੍ਹਾਂ ਦੀ ਸਥਿਤੀ ਅਤੇ ਰਾਸ਼ਟਰੀ ਰਾਜਮਾਰਗਾਂ ‘ਤੇ ਇਸ ਦੇ ਪ੍ਰਭਾਵ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰਭਾਵਿਤ ਰਾਜ ਮਾਰਗਾਂ ਦੀ ਮੁਰੰਮਤ ਅਤੇ ਰੱਖ-ਰਖਾਅ ਨੂੰ ਪਹਿਲ ਦੇਣ। ਹੜ੍ਹਾਂ ਸਬੰਧੀ ਵਿਸ਼ੇਸ਼ ਮੀਟਿੰਗ ਵਿੱਚ ਸਕੱਤਰ ਰੋਡ ਟਰਾਂਸਪੋਰਟ ਅਤੇ ਹਾਈਵੇਜ਼, ਚੇਅਰਮੈਨ ਐਨ.ਐਚ.ਏ.ਆਈ., ਡੀ.ਜੀ. ਰੋਡਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਬਹੁਤ ਜ਼ਿਆਦਾ ਮੀਂਹ ਕਾਰਨ ਵਿਗੜਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਬਾਰੇ ਸੀਨੀਅਰ ਮੰਤਰੀਆਂ, ਅਧਿਕਾਰੀਆਂ ਨਾਲ ਗੱਲ ਕੀਤੀ ਹੈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਸਥਾਨਕ ਪ੍ਰਸ਼ਾਸਨ, ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਪ੍ਰਭਾਵਿਤ ਲੋਕਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਥਿਤੀ ‘ਤੇ ਨਜ਼ਰ ਰੱਖਣ ਲਈ ਦਿੱਲੀ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲਾਂ ਦੇ ਸੰਪਰਕ ‘ਚ ਹਨ।

ਉਨ੍ਹਾਂ ਨੇ ਹਾਲਾਤ ਦਾ ਜਾਇਜ਼ਾ ਲੈਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਵੀ ਸੰਪਰਕ ਕੀਤਾ ਹੈ। ਜ਼ਿਕਰਯੋਗ ਹੈ ਕਿ ਉੱਤਰੀ ਅਤੇ ਪੱਛਮੀ ਭਾਰਤ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਹਿਮਾਚਲ ਪ੍ਰਦੇਸ਼ ਸਮੇਤ ਪਹਾੜੀ ਰਾਜਾਂ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ, ਬੱਦਲ ਫਟਣ, ਮਕਾਨ ਡਿੱਗਣ, ਦਰੱਖਤ ਡਿੱਗਣ ਅਤੇ ਬਿਜਲੀ ਡਿੱਗਣ ਕਾਰਨ 34 ਲੋਕਾਂ ਦੀ ਮੌਤ ਹੋ ਗਈ ਹੈ।