- ਪੰਜਾਬ
- No Comment
ਹੜ੍ਹ ਵਰਗੇ ਹਾਲਾਤ ‘ਤੇ ਸੀਐੱਮ ਮਾਨ ਨੇ ਕਿਹਾ- ਮੈਂ ਹੈਲੀਕਾਪਟਰ ‘ਤੇ ਘੁੰਮਣ ਵਾਲਾ ਬੰਦਾ ਨਹੀਂ, ਲੋਕਾਂ ‘ਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਿਹਾ ਹਾਂ

ਭਗਵੰਤ ਮਾਨ ਨੇ ਕਿਹਾ ਕਿ ਸਥਿਤੀ ਚਿੰਤਾਜਨਕ ਹੈ, ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਹਰ ਮੁਸ਼ਕਿਲ ਵਿਚ ਖੜੀ ਹੈ ਅਤੇ ਭਾਰੀ ਮੀਂਹ ਕਾਰਨ ਹੋਏ ਨੁਕਸਾਨ ‘ਤੇ ਨਜ਼ਰ ਰੱਖ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਭਾਰੀ ਮੀਂਹ ਨਾਲ ਪ੍ਰਭਾਵਿਤ ਨੀਵੇਂ ਇਲਾਕਿਆਂ ਤੋਂ ਸੁਰੱਖਿਅਤ ਬਾਹਰ ਕੱਢੇ ਗਏ ਲੋਕਾਂ ਨਾਲ ਵੀ ਗੱਲਬਾਤ ਕੀਤੀ।

ਮੁਹਾਲੀ ਦੇ ਫੇਜ਼ 6 ਰੈਣ ਬਸੇਰੇ, ਜਮਨਾ ਅਪਾਰਟਮੈਂਟ ਖਰੜ, ਪਿੰਡ ਕਜੌਲੀ, ਬੂਥਗੜ੍ਹ ਅਤੇ ਰੋਪੜ ਜ਼ਿਲ੍ਹੇ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਵਾਲੇ ਮੁੱਖ ਮੰਤਰੀਆਂ ਵਾਂਗ ਭੋਜਨ ਸਪਲਾਈ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਦੇ ਚੱਕਰ ਨਹੀਂ ਲਗਾ ਰਹੇ ਹਨ, ਸਗੋਂ ਉਹ ਖੁਦ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਵਿੱਚ ਜਾ ਕੇ ਅਸਲ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ, ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਪਰ ਫੌਜ ਨੂੰ ਅਜੇ ਤੱਕ ਅਧਿਕਾਰਤ ਤੌਰ ‘ਤੇ ਕੰਮ ਲਈ ਤਾਇਨਾਤ ਨਹੀਂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ, ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਖੇਤਰਾਂ ਨੂੰ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਸਹਿਯੋਗ ਨਾਲ ਇਸ ਸਥਿਤੀ ਨਾਲ ਢੁਕਵੇਂ ਢੰਗ ਨਾਲ ਨਿਪਟਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਸੂਬੇ ਦੇ ਕੋਨੇ-ਕੋਨੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ, ਪਰ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।